Monday, July 30, 2012

'ਕੁੜੇ ਨੀਰੂ' ਪਾਣੀ ਦਾ ਗਿਲਾਸ ਲਿਆਈ, ਠੰਡਾ ਜਾ'

'ਕੁੜੇ ਨੀਰੂ' ਪਾਣੀ ਦਾ ਗਿਲਾਸ ਲਿਆਈ, ਠੰਡਾ ਜਾ' ਛੋਟੇ ਗੇਟ ਦੇ ਸਾਹਮਣੇ ਬਣੀ ਲੌਬੀ ਵਿੱਚ ਬੈਠੀ ਦਾਦੀ ਮੈਨੂੰ ਵਾਜਾਂ ਮਾਰਦੀ, ਮੈਂ ਅੰਦਰੋਂ ਪਾਣੀ ਲਿਆ ਕੇ ਦੇਣਾ ਤੇ ਕਹਿੰਦੀ 'ਕੁੜੇ ਤੱਤਾ ਐ' ਨਈਂ ਬੇਬੇ ਮੈਂ ਤਾਂ ਫਰਿੱਜ 'ਚੋਂ ਗਲਾਸ ਭਰ ਕੇ ਲਿਆਈਂ ਆਂ'' ਉਹ ਔਕ ਲਾ ਕੇ ਪਾਣੀ ਪੀ ਜਾਂਦੀ ਤੇ ਥੋੜਾ ਪਾਣੀ ਬਚਾ ਕੇ ਬੁੱਕ ਭਰ ਕੇ ਮੂੰਹ ਧੋ ਲੈਂਦੀ। ਗਰਮੀ ਵਿੱਚ ਸਾਰਾ ਦੁਪਹਿਰੇ ਉਹ ਬਾਹਰ ਲੌਬੀ ਵਿੱਚ ਬੈਠੀ ਰਹਿੰਦੀ। ਦਾਦੀ 100 ਵਰ੍ਹਿਆਂ ਤੋਂ ਉਪਰ ਹੋ ਗਈ ਸੀ ਪਰ ਉਸਦਾ ਚਿਹਰਾ ਹਮੇਸ਼ਾ ਖਿੜਿਆ ਰਹਿੰਦਾ। ਉਹ ਹਮੇਸ਼ਾ ਸਾਰੇ ਪਰਿਵਾਰ ਨੂੰ ਅਸੀਸਾਂ ਦਿੰਦੀ ਰਹਿੰਦੀ। ਉਸਨੂੰ ਮੇਰੇ ਵਿਆਹ ਹੋਣ ਦਾ ਬੜਾ ਚਾਅ ਸੀ। ਮੇਰੀ ਉਮਰ 25 ਵਰ੍ਹਿਆਂ ਦੀ ਹੋ ਗਈ। ਜਦੋਂ ਐਮ.ਸੀ.ਏ ਪੂਰੀ ਕੀਤੀ ਤਾਂ ਘਰ ਦਿਆਂ ਨੇ ਮੁੰਡਾ ਦੇਖਣਾ ਸ਼ੁਰੂ ਕੀਤਾ। ਦਾਦੀ ਕਹਿੰਦੀ 'ਮੇਰੀ ਪੋਤੀ ਤਾਂ ਬਾਹਲੀ ਨਰਮ ਐ। ਜਮ੍ਹਾਂ ਗਊ, ਐਵੇਂ ਨਾ ਕਿਸੇ ਅੜਬਾਂ ਦੇ ਫਸਾ ਦਿਉ। ਨਾਲੇ ਮੁੰਡਾ ਵੀ ਹਾਣ ਦਾ ਹੋਵੇ, ਜਿਹੜਾ ਮੇਰੀ ਪੋਤੀ ਨਾਲ ਆਉਂਦਾ ਜਾਂਦਾ ਸੋਹਣਾ ਲੱਗੇ। ਜਦੋਂ ਮੇਰਾ ਰਿਸ਼ਤਾ ਹੋਇਆ ਤਾਂ ਉਸਤੋਂ ਖੁਸ਼ੀ ਸੰਭਾਲੀ ਨਹੀਂ ਜਾਂਦੀ ਸੀ, ਉਹ ਉਸੇ ਦਿਨ ਤੋਂ ਹੀ ਗੀਤ ਗਾਉਣ ਲੱਗ ਪਈ। ਉਸਦਾ ਕਮਰਾ ਲੌਬੀ ਦੇ ਐਨ ਸਾਹਮਣੇ ਸੀ, ਜਦੋਂ ਕਈ ਵਾਰੀ ਬਾਰਸ਼ ਪੈ ਜਾਂਦੀ ਤੇ ਉਹ ਅੰਦਰ ਪੈ ਜਾਂਦੀ ਸੀ। 

ਮੇਰੀ ਮੰਗਣੀ ਜੁਲਾਈ 'ਚ ਹੋਈ ਸੀ। ਉਸਤੋਂ ਬਾਅਦ ਬਰਸਾਤ ਸ਼ੁਰੂ ਹੋ ਗਈ। ਉਹ ਅੰਦਰ ਪਈ ਹੁੰਦੀ, ਹੇਕਾਂ ਵਾਲੇ ਗੀਤ ਗਾਉਂਦੀ ਰਹਿੰਦੀ। ਮੈਨੂੰ ਸੱਸਾਂ ਵਾਲੇ ਗੀਤ ਸੁਨਾਉਣ ਲੱਗ ਪੈਂਦੀ । ਜੇ ਕਈ ਵਾਰ ਮੈਂ ਇਹਨਾਂ ਦਾ (ਮੇਰੇ ਪਤੀ) ਦਾ ਨਾਮ ਲੈਂਦੀ ਤਾਂ ਲੜਦੀ ਕਹਿੰਦੀ ਤੂੰ ਆਪਣੇ ਪਾਹੁਣੇ ਦਾ ਨਾਮ ਨਾ ਲਿਆ ਕਰ, ਮਾੜਾ ਹੁੰਦਾ। ਨਾ ਤੂੰ ਉਸੇ ਨਾਲ ਬਾਹਲੀ ਫੋਨ 'ਤੇ ਗੱਲ ਕਰਿਆ ਕਰ। ਮੈਂ ਹੱਸ ਕੇ ਟਾਲ ਦਿੰਦੀ,ਬੇਬੇ ਠੀਕ ਐ ਕਹਿ ਛੱਡਦੀ। ਨਹੀਂ ਕਰਦੀ। ਉਹ ਹਮੇਸ਼ਾ ਮੈਨੂੰ ਨਸੀਹਤਾਂ ਦਿੰਦੀ, ਇਹ ਨਾ ਕਰਿਆ ਕਰ, ਉਹ ਨਾ ਕਰਿਆ। ਅਖਿਰ 23 ਨਵੰਬਰ 2009 ਨੂੰ ਮੇਰਾ ਵਿਆਹ ਹੋ ਗਿਆ ਤੇ ਉਹ ਸਮੇਂ ਬੇਬੇ ਨੇ ਰੱਜ ਕੇ ਗੀਤ ਗਾਏ। ਜਾਗੋ ਕੱਢਣ ਵੇਲੇ ਆਪ ਜਾਗੋ ਫੜ੍ਹ ਕੇ ਮੇਰੀ ਮਾਮੀ ਨੂੰ ਫੜਾਈ। 24 ਨਵੰਬਰ ਨੂੰ ਜਦੋਂ ਮੈਂ ਫੇਰੇ ਦੀ ਰਸਮ ਲਈ ਆਈ ਤਾਂ ਉਸਤੋਂ ਚਾਅ ਨਾ ਚੁੱਕਿਆ ਜਾਵੇ। ਮੇਰੇ ਪਤੀ ਨੂੰ ਆਪਣੇ ਕੋਲ ਬੁਲਾ ਕੇ ਮੰਜੀ 'ਤੇ ਬਿਠਾ ਲਿਆ ਤੇ ਮੇਰੀ ਚਾਚੀ ਨੂੰ ਕਹਿੰਦੀ ਕੁੜੇ ਨੀਰੂ ਦਾ ਪ੍ਰਾਹੁਣਾ ਕਿਹੋ ਜਿਹਾ ਲੱਗਦਾ, ਚਾਚੀ ਕਹਿੰਦੀ, ਬੇਬੇ ਇਹ ਤਾਂ ਆਪਣਾ ਸੋਨੇ ਦਾ ਰੁਪਈਆ, ਬਥੇਰਾ ਸੋਹਣਾ। ਬੇਬੇ ਦਾ ਮੂੰਹ ਖੁਸ਼ੀ ਨਾਲ ਲਾਲ ਹੋ ਗਿਆ। ਤੇ ਸ਼ਾਇਦ ਉਹ ਆਖਰੀ ਸਮਾਂ ਸੀ ਜਦੋਂ ਉਹ ਖੁਲ੍ਹ ਕੇ ਹੱਸੀ, 'ਤੇ ਦੋ ਦਿਨਾਂ ਨੂੰ ਉਸਨੂੰ ਦਸਤ ਲੱਗ ਗਏ ਤੇ ਉਹ ਮੰਜੇ ਨਾਲ ਜੁੜ ਗਈ। ਪੂਰੇ ਦੋ ਮਹੀਨੇ ਉਹ ਮੰਜੇ 'ਤੇ ਪਈ ਰਹੀ। ਮੇਰੀ ਮੰਮੀ ਤੇ ਪਾਪਾ ਉਸਦੀ ਦਿਨ ਰਾਤ ਦੇਖਭਾਲ ਕਰਦੇ। ਮੇਰੀ ਦਾਦੀ ਨੂੰ ਕੋਈ ਸੁੱਧ ਬੁੱਧ ਨਹੀਂ ਸੀ। ਬੱਸ ਉਪਰ ਦੇਖਦੀ ਰਹਿੰਦੀ ਤੇ ਕਹਿੰਦੀ ਮੇਰੇ ਮੂੰਹ

ਵਿੱਚ ਕੁੱਛ ਪਾ ਦੇ,,,,,, ਮੈਂ ਤੇ ਮੇਰਾ ਪਤੀ ਉਸਦਾ ਪਤਾ ਲੈਣ ਗਏ ਤਾਂ ਕਹਿੰਦੀ ਤੁਸੀਂ ਰੋਜ਼ ਰੋਜ਼ ਨਾ ਆਇਆ ਕਰੋ। ਮੈਂ ਤੁਹਾਨੂੰ ਫੋਨ ਕਰੂ, ਫਿਰ ਆਇਉ,,,, ਬੱਸ ਫਿਰ 14 ਜਨਵਰੀ ਦੀ ਰਾਤ ਨੂੰ ਫੋਨ ਆਇਆ ਕਿ ਬੇਬੇ ਪੂਰੀ ਹੋ ਗਈ & ਜਦੋਂ ਮੈਂ ਬੇਬੇ ਦੇ ਅੰਤਿਮ ਸੰਸਕਾਰ 'ਤੇ ਗਈ ਤਾਂ ਬੇਬੇ ਚੁੱਪਚਾਪ,,, ਅੱਖਾਂ ਬੰਦ, ਵਿਹੜੇ ਵਿੱਚ ਪਾਈ ਪਈ ਸੀ। ਬੁੜੀਆਂ ਰੋਣ, ਵੈਣ ਪਾਉਣ ਲੱਗੀਆਂ ਹੋਈਆਂ ਸਨ ਪਰ ਮੇਰੇ ਕੰਨਾਂ ਵਿੱਚ ਬੇਬੇ ਦੇ ਗੀਤਾਂ ਦੀਆਂ ਅਵਾਜਾਂ ਪੈ ਰਹੀਆਂ ਸਨ,,,, ਹਰੀਏ ਨੀ ਰਸ ਭਰੀਏ,ਖਜੂਰੇ ,,,,,ਮੇਰੀਆਂ ਅੱਖਾਂ ਵਿੱਚੋਂ ਅੱਥਰੂ ਵਹਿੰਦੇ ਜਾ ਰਹੇ ਸਨ ਅਤੇ ਅੱਜ ਵੀ ਜਦੋਂ ਮੈਂ ਮਾਨਸਾ ਜਾਂਦੀ ਹਾਂ ਤੇ ਕਮਰੇ ਵਿੱਚ ਦਾਖਲ ਹੁੰਦੀ ਆਂ ਤਾਂ ਉਸ ਦੀ ਅਵਾਜ਼ 'ਕੁੜੇ ਨੀਰੂ,'' ਪਾਣੀ ਦਾ ਗਿਲਾਸ ਲੈ ਕੇ ਆਈ ''ਹੋਕਾ ਜਾ ਮੇਰੇ ਕਾਲਜੇ 'ਚੋਂ ਜਿਵੇਂ ਕੋਈ ਹੂਕ ਨਿਕਲਦੀ ਐ'' ਦਾਦੀ ਨੂੰ ਪੂਰ੍ਹੀ ਹੋਇਆਂ ਭਲਾਂ ਦੋ ਸਾਲ ਹੋ ਚੱਲੇ ਨੇ ਪਰ ਅੱਜ ਵੀ ਕਦੇ ਸੁਪਨੇ ਤੇ ਕਦੇ ਕਿਵੇਂ ਦਾਦੀ ਦੀ ਅਵਾਜ਼ 'ਕੁੜੇ ਨੀਰੂ' ਪਾਣੀ ਦਾ ਗਿਲਸ ਲਿਆਈਂ ਠੰਡਾ ਜਾ'' ਮੇਰੇ ਕੰਨਾਂ ਵਿੱਚ ਗੂੰਜਣ ਲੱਗ ਪੈਂਦੀ ਐ। ਨਾਲੇ ਪਤਾ ਐ ਪਿਆਰੀ ਦਾਦੀ ਹੁਣ ਪੂਰੀ ਹੋ ਚੁੱਕੀ ਹੈ।

ਨਰਿੰਦਰ ਸ਼ਰਮਾ (ਨੀਰੂ)
9988045744